Nation Post

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਚੱਕਾ ਜਾਮ ਹੜਤਾਲ ਲਈ ਵਾਪਸ, ਰਵਾਨਾ ਹੋਈਆਂ ਬੱਸਾਂ

punjab roadways

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਚੱਕਾ ਜਾਮ ਹੜਤਾਲ ਵਾਪਸ ਲੈ ਲਈ ਹੈ। ਬੱਸਾਂ ਨੂੰ ਹੁਣ ਰੂਟਾਂ ਤੇ ਰਵਾਨਾ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਸ਼ਾਮਲ ਸਨ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਆਪ੍ਰੇਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕਰਵਾਈ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਨੇ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ।

ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵੀ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਤਬਾਦਲੇ ਕੀਤੇ ਮੁਲਾਜ਼ਮਾਂ ਦੇ ਤਬਾਦਲੇ ਦੀ ਸਮੀਖਿਆ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਮੀਟਿੰਗ ਦੌਰਾਨ ਰਾਜ ਦੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ।

Exit mobile version