Nation Post

ਵੋਟ ਪ੍ਰਕਿਰਿਆ ਵੀਡੀਓ ਮਾਮਲਾ: ਫਰੀਦਕੋਟ ਤੋਂ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਸਣੇ 2 ਖ਼ਿਲਾਫ਼ ਕੇਸ ਦਰਜ

ਫਰੀਦਕੋਟ (ਰਾਘਵ): ਫਰੀਦਕੋਟ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਜੈਤੋ ਦੇ ਇੱਕ ਵਸਨੀਕ ਖ਼ਿਲਾਫ਼ ਵੋਟ ਪਾਉਣ ਵੇਲੇ ਪੂਰੀ ਪ੍ਰਕਿਰਿਆ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਪੁਲੀਸ ਨੇ ਆਈਪੀਸੀ ਦੀ ਧਾਰਾ 171 ਐੱਫ ਤਹਿਤ ਕੇਸ ਦਰਜ ਕੀਤਾ ਹੈ।

 

ਇਸ ਸਬੰਧੀ ਪੁਲੀਸ ਨੂੰ ਮਿਲੀ ਸ਼ਿਕਾਇਤ ਅਨੁਸਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਸ਼ਰਨਜੀਤ ਸਿੰਘ ਵਾਸੀ ਜੈਤੋ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਵਿੱਚ ਈਵੀਐੱਮ ਅਤੇ ਬਟਨ ਵਗੈਰ੍ਹਾ ਵੀ ਦਿਸ ਰਹੇ ਹਨ। ਦੂਜੇ ਪਾਸੇ ਗੁਰਬਖਸ਼ ਸਿੰਘ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਚਲਾਉਣਾ ਨਹੀਂ ਆਉਂਦਾ ਅਤੇ ਨਾ ਹੀ ਉਨ੍ਹਾਂ ਨੇ ਆਪਣੀ ਕੋਈ ਪੋਸਟ ਸੋਸ਼ਲ ਮੀਡੀਆ ’ਤੇ ਪਾਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕੇਸ ਦਰਜ ਕਰਨ ਤੋਂ ਪਹਿਲਾਂ ਉਨ੍ਹਾਂ ਕੋਲੋਂ ਇਸ ਬਾਰੇ ਕੋਈ ਪੁੱਛ-ਪੜਤਾਲ ਨਹੀਂ ਕੀਤੀ ਅਤੇ ਨਾ ਹੀ ਕੋਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਦੇ ਵਿਧਾਇਕਾਂ ਵੱਲੋਂ ਵੀ ਪੰਜਾਬ ਵਿੱਚ ਕੁਝ ਵੀਡੀਓ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਹਨ ਪਰ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਥਾਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਗੁਰਬਖਸ਼ ਸਿੰਘ ਚੌਹਾਨ ਨੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

Exit mobile version